ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਜੁਡੀਸ਼ੀਅਲ ਕੰਪਲੈਕਸ ਤੋਂ ਰਾਹਤ ਸਮੱਗਰੀ ਨਾਲ ਭਰਿਆ ਵਾਹਨ ਰਾਹਤ ਕੈਂਪ ਲਈ ਕੀਤਾ ਰਵਾਨਾ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਲਾ ਖੁਰਦ ਵਿਖੇ ਹੜ੍ਹ ਪੀੜਤਾਂ ਲਈ ਲਗਾਇਆ ਕਾਨੂੰਨੀ ਸੇਵਾਵਾਂ-ਕਮ-ਰਾਹਤ ਕੈਂਪ
ਪੰਜਾਬ ਉਜਾਲਾ ਨਿਊਜ਼
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਨਵੇਂ ਜੁਡੀਸ਼ੀਅਲ ਕੰਪਲੈਕਸ ਤੋਂ ਰਾਹਤ ਸਮੱਗਰੀ ਨਾਲ ਭਰਿਆ ਵਾਹਨ ਰਾਹਤ ਕੈਂਪ ਲਈ ਕੀਤਾ ਰਵਾਨਾ
-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸੈਲਾ ਖੁਰਦ ਵਿਖੇ ਹੜ੍ਹ ਪੀੜਤਾਂ ਲਈ ਲਗਾਇਆ ਕਾਨੂੰਨੀ ਸੇਵਾਵਾਂ-ਕਮ-ਰਾਹਤ ਕੈਂਪ
ਹੁਸ਼ਿਆਰਪੁਰ, 4 ਅਗਸਤ (ਰਾਹੁਲ ਕਸ਼ਯਪ)ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਨਿਗਰਾਨੀ ਵਿਚ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵੱਲੋਂ ਗੜ੍ਹਸ਼ੰਕਰ ਸਬ-ਡਵੀਜ਼ਨ ਦੇ ਸੈਲਾ ਖੁਰਦ ਵਿਖੇ ਹੜ੍ਹ ਪੀੜਤਾਂ ਲਈ ਕਾਨੂੰਨੀ ਸੇਵਾਵਾਂ-ਕਮ-ਰਾਹਤ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਸਭ ਤੋਂ ਪਹਿਲਾਂ ਜ਼ਿਲ੍ਹਾ ਤੇ ਸੈਸ਼ਨ ਜੱਜ ਦਿਲਬਾਗ ਸਿੰਘ ਜੌਹਲ ਵੱਲੋਂ ਹੜ੍ਹ ਪੀੜਤਾਂ ਦੇ ਰਾਹਤ ਕੈਂਪ ਲਈ ਕਰਿਆਨਾ, ਸੁੱਕਾ ਰਾਸ਼ਨ, ਸਟੇਸ਼ਨਰੀ ਵਸਤਾਂ, ਕਾਪੀਆਂ, ਸਕੂਲ ਬੈਗ, ਕੰਬਲ, ਕੱਪੜੇ ਆਦਿ ਨਾਲ ਭਰੀ ਗੱਡੀ ਨੂੰ ਨਵੇਂ ਜੁਡੀਸ਼ੀਅਲ ਕੰਪਲੈਕਸ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜਸਵਿੰਦਰ ਸ਼ੀਂਮਾਰ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅੰਜਨਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੁਨੀਤ ਮੋਹਨ ਸ਼ਰਮਾ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਲਵਿੰਦਰ ਜੀਤ ਕੌਰ, ਸਿਵਲ ਜੱਜ (ਸੀਨੀਅਰ ਡਵੀਜ਼ਨ) ਰੁਪਿੰਦਰ ਸਿੰਘ, ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਹਾਜ਼ਰ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਰਾਹਤ ਕੈਂਪ ਲਈ ਸਹਾਇਤਾ ਸਮੱਗਰੀ ਲਈ ਰਾਸ਼ੀ ਨਿਆਇਕ ਅਧਿਕਾਰੀਆਂ ਅਤੇ ਨਿਆਇਕ ਅਦਾਲਤਾਂ ਦੇ ਸਟਾਫ ਮੈਂਬਰਾਂ ਤੋਂ ਇਕੱਤਰ ਕੀਤੀ ਗਈ ਅਤੇ ਫਿਰ ਸਮੱਗਰੀ ਨੂੰ ਪ੍ਰਭਾਵਿਤ ਪਿੰਡਾਂ ਦੇ ਨਿਵਾਸੀਆਂ ਤੱਕ ਪਹੁੰਚਾਇਆ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਸੇਵਾ ਲਈ ਅੱਗੇ ਆਉਣ। ਫਲੈਗ ਆਫ ਦੌਰਾਨ ਉਨ੍ਹਾਂ ਨਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ 23 ਜੁਲਾਈ ਨੂੰ ਜ਼ਿਲ੍ਰੇ ਦੀ ਤਹਿਸੀਲ ਗੜ੍ਹਸ਼ੰਕਰ ਦੇ ਸੈਲਾ ਖੁਰਦ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲਿਆ ਸੀ। ਇਸ ਤੋਂ ਬਾਅਦ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਾਲਸਾ (ਕਾਨੂੰਨੀ ਸੇਵਾਵਾਂ ਅਥਾਰਟੀ ਰਾਹੀਂ ਆਫ਼ਤ ਪੀੜਤਾਂ ਨੂੰ ਕਾਨੂੰਨੀ ਸੇਵਾਵਾਂ) ਸਕੀਮ, 2010 ਨੂੰ ਧਿਆਨ ਵਿਚ ਰੱਖਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਹੜ੍ਹ ਰਾਹਤ ਕੈਂਪ ਲਗਾਇਆ ਗਿਆ। ਉਨ੍ਹਾਂ ਇਸ ਦੌਰਾਨ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਦੇਣ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਅ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫਰੀ ਨੰਬਰ 1968 ਅਤੇ ਕਿਸੇ ਵੀ ਤਰ੍ਹਾਂ ਦੀ ਪੁੱਛਗਿੱਛ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫੋਨ ਨੰਬਰ 01882-224114 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
