ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ : ਕੋਮਲ ਮਿੱਤਲ
ਪੰਜਾਬ ਉਜਾਲਾ ਨਿਊਜ਼
ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ : ਕੋਮਲ ਮਿੱਤਲ
ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
-ਮੁੱਖ ਮਹਿਮਾਨ ਵਜੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਕਰਨਗੇ ਸ਼ਿਰਕਤ
-ਅਧਿਕਾਰੀਆਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਉਣ ਦੇ ਦਿੱਤੇ ਨਿਰਦੇਸ਼
-ਪੁਲਿਸ ਲਾਈਨ ’ਚ ਕੀਤੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ
ਹੋਸ਼ਿਆਰਪੁਰ (ਰਾਹੁਲ ਕਸ਼ਯਪ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪੁਲਿਸ ਲਾਈਨ ਹੁਸ਼ਿਆਰਪੁਰ ਵਿਚ 15 ਅਗਸਤ ਨੂੰ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਇਸ ਦੌਰਾਨ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਸੌਂਪੀ ਗਈ ਜਿੰਮੇਵਾਰੀ ਗੰਭੀਰਤਾ ਤੇ ਤਨਦੇਹੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਹ ਅੱਜ ਪੁਲਿਸ ਲਾਈਨ ਗਰਾਊਂਡ ਵਿਚ ਵਿਭਾਗਾਂ ਦੇ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ ਸਰਤਾਜ ਸਿੰਘ ਚਾਹਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਪੀ (ਹੈਡਕੁਆਟਰ) ਮਨਜੀਤ ਕੌਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ, ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸੁਤੰਤਰਤਾ ਦਿਵਸ ਸਮਾਗਮ ਵਿਚ ਵੱਖ-ਵੱਖ ਸਕੂਲਾਂ ਵਲੋਂ ਸਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਤੋਂ ਇਲਾਵਾ ਵੱਖ-ਵੱਖ ਸੁਰੱਖਿਆ ਬੱਲਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਹੋਵੇਗਾ। ਇਸ ਦੌਰਾਨ ਜਿਥੇ ਮੁੱਖ ਮਹਿਮਾਨ ਵਲੋਂ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵੱਖ-ਵੱਖ ਹਲਕਿਆਂ ਵਿਚ ਵਿਲੱਖਣ ਸੇਵਾਵਾਂ ਦੇਣ ਵਾਲਿਆਂ ਦਾ ਵੀ ਸਨਮਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 12 ਅਗਸਤ ਨੂੰ ਹੋਵੇਗੀ। ਇਸ ਦੌਰਾਨ ਉਨ੍ਹਾਂ ਨੇ ਸੁਰੱਖਿਆ, ਟੈ੍ਰਫਿਕ, ਮੈਡੀਕਲ ਸੁਵਿਧਾਵਾਂ, ਗਰਾੳਂੂਡ ਦੀ ਸਫਾਈ, ਸਟੇਜ ਦੀ ਸਜਾਵਟ, ਪੀਣ ਵਾਲੇ ਪਾਣੀ ਦਾ ਪ੍ਰਬੰਧ ਆਦਿ ਹੋਰ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਵੀ ਕੀਤੀ।
ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਇਸ ਦੌਰਾਨ ਸੁਰੱਖਿਆ ਦੇ ਦ੍ਰਿਸ਼ਟੀਕੋਣ ਤੋਂ ਅਪਣਾਈਆਂ ਜਾਣ ਵਾਲੀਆਂ ਹਦਾਇਤਾਂ ਤੋਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।