ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਸਾਨਾਂ ‘ਤੇ ਲਾਠੀਚਾਰਜ ਦੀ ਨਿੰਦਾ ਕੀਤੀ
ਬਸਪਾ ਆਗੂ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਸਾਨਾਂ ‘ਤੇ ਲਾਠੀਚਾਰਜ ਦੀ ਨਿੰਦਾ ਕੀਤੀ
ਜਲੰਧਰ (ਪੰਜਾਬ ਉਜਾਲਾ ਨਿਊਜ਼)- ਬਹੁਜਨ ਸਮਾਜ ਪਾਰਟੀ (ਬਸਪਾ) ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਹਰ ਵਰਗ ‘ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦੇ ਹੋਏ ਇਸਨੂੰ ਮੰਦਭਾਗਾ ਦੱਸਿਆ।
ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਪੰਜਾਬ ‘ਚ ਕਿਰਤੀ-ਕਿਸਾਨਾਂ, ਦਲਿਤ-ਪੱਛੜੇ ਵਰਗਾਂ, ਮੁਲਾਜ਼ਮਾਂ ਵੱਲੋਂ ਆਪਣੇ ਹੱਕਾਂ ਦੀ ਗੱਲ ਕਰਨ ‘ਤੇ ਉਨ੍ਹਾਂ ‘ਤੇ ਲਾਠੀਚਾਰਜ ਕੀਤਾ ਜਾਂਦਾ ਹੈ, ਉਨ੍ਹਾਂ ਨੂੰ ਨਜਾਇਜ਼ ਤੌਰ ‘ਤੇ ਗ੍ਰਿਫ਼ਤਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ‘ਤੇ ਪਰਚੇ ਪਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨਸਾਫ ਦੇਣ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਮੀਡੀਆ ਨਾਲ ਕੀਤਾ ਜਾ ਰਿਹਾ ਹੈ। ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਦਬਾਉਣ ਦੀ ਆਪ ਸਰਕਾਰ ਦੀ ਅਜਿਹੀ ਲੋਕ ਵਿਰੋਧੀ ਨੀਤੀ ਦੀ ਉਹ ਸਖਤ ਸ਼ਬਦਾਂ ‘ਚ ਨਿੰਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨਸਾਫ਼ ਕਰਕੇ ਹੀ ਲੋਕਾਂ ਨੂੰ ਸੰਤੁਸ਼ਟ ਕੀਤਾ ਜਾ ਸਕਦਾ ਹੈ, ਉਨ੍ਹਾਂ ਨੂੰ ਦਬਾਇਆ ਨਹੀਂ ਜਾ ਸਕਦਾ।