ਡਿਪਟੀ ਕਮਿਸ਼ਨਰ ਨੇ ਸਵੇਰੇ 6 ਵਜੇ ਕੀਤਾ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ |
ਪੰਜਾਬ ਉਜਾਲਾ ਨਿਊਜ਼
ਡਿਪਟੀ ਕਮਿਸ਼ਨਰ ਨੇ ਸਵੇਰੇ 6 ਵਜੇ ਕੀਤਾ ਸ਼ਹਿਰ ਦੀ ਸਫ਼ਾਈ ਪ੍ਰਬੰਧਾਂ ਦਾ ਨਿਰੀਖਣ |
ਸਫ਼ਾਈ ਸੇਵਕਾਂ ਦਾ ਹਾਜ਼ਰੀ ਰਜਿਸਟਰ ਕੀਤਾ ਚੈੱਕ, ਗੈਰਹਾਜ਼ਰ ਸਫਾਈ ਸੇਵਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਦਿੱਤੇ ਨਿਰਦੇਸ਼ |
ਨਿਗਮ ਅਧਿਕਾਰੀਆਂ ਨੂੰ ਬਰਸਾਤ ਦੇ ਮੱਦੇਨਜ਼ਰ ਸ਼ਹਿਰ ਵਿਚ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਦੀ ਕੀਤੀ ਹਦਾਇਤ
-ਲੋਕਾਂ ਨੂੰ ਗਿੱਲੇ ਤੇ ਸੁੱਕੇ ਕੂੜੇ ਦਾ ਵਰਗੀਕਰਨ ਕਰਨ ਦੀ ਕੀਤੀ ਅਪੀਲ |
ਹੁਸ਼ਿਆਰਪੁਰ( ਰਾਹੁਲ ਕਸ਼ਯਪ)ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਅੱਜ ਸਵੇਰੇ 6 ਵਜੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਸਫ਼ਾਈ ਸੇਵਕਾਂ ਦੀ ਹਾਜ਼ਰੀ, ਸੜਕਾਂ ਦੀ ਸਫ਼ਾਈ ਤੇ ਮਟੀਰੀਅਲ ਰਿਕਵਰੀ ਫੈਸਿਲਟੀ (ਐਮ.ਆਰ.ਐਫ) ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਗੈਰਹਾਜ਼ਰ ਸਫ਼ਾਈ ਸੇਵਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ, ਐਕਸੀਅਨ ਕੁਲਦੀਪ ਸਿੰਘ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਾਲਿਡ ਵੇਸਟ ਮੈਨੇਜਮੈਂਟ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਘਰਾਂ ਤੋਂ ਕੂੜਾ ਇਕੱਠਾ ਕਰਨ ਵਾਲੇ ਰੇਹੜੀ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੂੜਾ ਇਕੱਠਾ ਕਰਦੇ ਸਮੇਂ ਗਿੱਲੇ ਤੇ ਸੁੱਕੇ ਕੂੜੇ ਦੀ ਸੈਗਰੀਗੇਸ਼ਨ ਕਰਨ। ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰਾਂ ਤੋਂ ਕੂੜਾ ਇਕੱਤਰ ਕਰਨ ਵਾਲੀਆਂ ਰੇਹੜੀਆਂ ਦੀ ਚੈਕਿੰਗ ਕਰਕੇ ਕੂੜੇ ਦੀ ਸੈਗਰੀਗੇਸ਼ਨ ਯਕੀਨੀ ਬਣਾਉਣ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਗਿੱਲੇ ਤੇ ਸੁੱਕੇ ਕੂੜੇ ਦਾ ਵਰਗੀਕਰਨ ਕਰਕੇ ਨਗਰ ਨਿਗਮ ਦੇ ਕੂੜਾ ਇਕੱਠਾ ਕਰਨ ਵਾਲੀਆਂ ਰੇਹੜੀਆਂ ਵਿਚ ਪਾਉਣ। ਉਨ੍ਹਾਂ ਕਿਹਾ ਕਿ ਜੇਕਰ ਸ਼ਹਿਰ ਵਾਸੀ ਇਸ ਤਰ੍ਹਾਂ ਕਰਨ ਲੱਗਣ, ਤਾਂ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦਾ ਸਥਾਈ ਹੱਲ ਸੰਭਵ ਹੈ।
ਕੋਮਲ ਮਿੱਤਲ ਨੇ ਇਸ ਦੌਰਾਨ ਸਫ਼ਾਈ ਸੇਵਕਾਂ ਨੂੰ ਕਿਹਾ ਕਿ ਬਰਸਾਤਾਂ ਦੌਰਾਨ ਉਨ੍ਹਾਂ ਦੀ ਜਿੰਮੇਵਾਰੀ ਵੱਧ ਜਾਂਦੀ ਹੈ, ਇਸ ਲਈ ਉਹ ਪੂਰੀ ਲਗਨ ਨਾਲ ਆਪਣੀ ਡਿਊਟੀ ਨਿਭਾਉਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬਰਸਾਤਾਂ ਦੌਰਾਨ ਸ਼ਹਿਰ ਦੇ ਸਾਰੇ ਨੀਵੇਂ ਇਲਾਕਿਆਂ ਵਿਚ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਅਤੇ ਇਸ ਦੇ ਲਈ ਟੀਮਾਂ ਬਣਾ ਕੇ ਉਕਤ ਇਲਾਕਿਆਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਜਿਥੇ ਨਗਰ ਨਿਗਮ ਦਿਨ- ਰਾਤ ਕੰਮ ਕਰ ਰਿਹਾ ਹੈ, ਉਥੇ ਸਾਨੂੰ ਵੀ ਆਪਣੇ ਘਰਾਂ ਅਤੇ ਆਸ-ਪਾਸ ਸਫ਼ਾਈ ਰੱਖ ਕੇ ਨਿਗਮ ਨੂੰ ਪੂਰਾ ਸਹਿਯੋਗ ਦੇਣ ਦੀ ਲੋੜ ਹੈ।