ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਕੀਤਾ ਭਾਜਪਾ ਦੇ ਝੂਠ ਦਾ ਪਰਦਾਫਾਸ਼ : ਹਰਜੋਤ ਸਿੰਘ ਬੈਂਸ
Punjab ujala news : ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਵਾਜ਼ਬ ਠਹਿਰਾਇਆ ਹੈ। ਹਰਜੋਤ ਸਿੰਘ ਬੈਂਸ ਵੱਲੋਂ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਨਾਲ ਨੰਗਲ ਵਿਖੇ ਲੱਡੂ ਵੀ ਵੰਡੇ ਗਏ।
ਤੁਹਾਨੂੰ ਦੱਸ ਦਈਏ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਭੂਈਆ ਦੋਵਾਂ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ 10 ਲੱਖ ਦੇ ਮੁਚੱਲਕੇ ‘ਤੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ। ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਪਹਿਲੀ ਜ਼ਮਾਨਤ ਪਟੀਸ਼ਨ ਅਤੇ ਦੂਜੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਸੀ।
